‘ਹਿੱਟ ਐਂਡ ਰਨ’ ਕਾਨੂੰਨ ਨੂੰ ਲੈ ਕੇ ਪੰਜਾਬ ਦੇ ਟੋਲ ਪਲਾਜ਼ਾ ‘ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ
DD Punjab news : ਹਿੱਟ ਐਂਡ ਰਨ ਕਾਨੂੰਨ ਵਿਰੁੱਧ ਜਿੱਥੇ ਦੇਸ਼ ਭਰ ਦੇ ਵਾਹਨ ਚਾਲਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਰਾਜ ਦੀਆਂ ਯੂਨਾਈਟਿਡ ਟਰੇਡ ਯੂਨੀਅਨਾਂ ਵੱਲੋਂ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ਨੀਵਾਰ ਨੂੰ ਕੜਾਕੇ ਦੀ ਠੰਢ ਵਿੱਚ ਨੈਸ਼ਨਲ ਹਾਈਵੇਅ ‘ਤੇ ਉਸਮਾ ਟੋਲ ਪਲਾਜ਼ਾ ‘ਤੇ ਧਰਨਾ ਦਿੱਤਾ ਗਿਆ। ਪ੍ਰਧਾਨ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਥੇ ਮੌਜੂਦ ਵਾਹਨ ਚਾਲਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ ਗਿਆ।
ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਯੂਨਾਈਟਿਡ ਟਰੇਡ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਨਵਾਂ ਬਿੱਲ ਹਿੱਟ ਐਂਡ ਰਨ ਕਾਨੂੰਨ ਹੈ, ਜਿਸ ਵਿੱਚ ਡਰਾਈਵਰ ਨੂੰ ਜ਼ਮਾਨਤ ਨਹੀਂ ਮਿਲ ਸਕਦੀ ਅਤੇ 10 ਸਾਲ ਦੀ ਕੈਦ ਦੀ ਸਜ਼ਾ ਤੈਅ ਕੀਤੀ ਗਈ ਹੈ, ਜੋ ਕਿ ਗੈਰ-ਕਾਨੂੰਨੀ ਹੈ। ਕੇਂਦਰ ਸਰਕਾਰ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ ਜਿਸ ਦਾ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ।
ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਬਿੱਲ ਨੂੰ ਵਾਪਸ ਲਿਆ ਜਾਵੇ। ਜੇਕਰ ਕੇਂਦਰ ਸਰਕਾਰ ਨੇ ਬਿੱਲ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ‘ਚ ਇਸ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਇਸ ਮੌਕੇ ਜਸਵਿੰਦਰ ਸਿੰਘ ਪੰਜਵੜ, ਗੁਰਪ੍ਰੀਤ ਸਿੰਘ ਮਾਨ, ਜੁਗਰਾਜ ਸਿੰਘ, ਜੋਰਾ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਸਾਹਿਬ ਸਿੰਘ, ਰਜਿੰਦਰ ਸਿੰਘ, ਹਰਜਿੰਦਰ ਸਿੰਘ ਕਲਾਲਮਾਜਰਾ, ਗੁਰਪ੍ਰੀਤ ਸਿੰਘ ਗਿੱਲ, ਊਧਮ ਸਿੰਘ, ਮਾਸਟਰ ਨੀਸ਼ੂ ਜਲੰਧਰ, ਚਮਨ ਲਾਲ ਲੋਹੀਆਂ ਤੇ ਹੋਰ। ਵੱਡੀ ਗਿਣਤੀ ਵਿੱਚ ਡਰਾਈਵਰ ਮੈਂਬਰ ਹਾਜ਼ਰ ਸਨ।