ਅਮਰੀਕਾ ਜਾ ਰਿਹਾ ਨੌਜਵਾਨ ਪਨਾਮਾ ਦੇ ਜੰਗਲਾਂ ‘ਚ ਗਾਇਬ, 15 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ ਏਜੰਟ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
DD Punjab news : ਅਮਰੀਕਾ ਭੇਜਣ ਦੇ ਨਾਂ ’ਤੇ 15 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਪਤੀ-ਪਤਨੀ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 2 ’ਚ ਵੱਖ- ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਜੋੜੇ ਨੇ ਉਸ ਦੇ ਭਤੀਜੇ ਨੂੰ ਅਮਰੀਕਾ ਭੇਜਣ ਦੀ ਬਜਾਏ ਪਨਾਮਾ ਦੇ ਜੰਗਲਾਂ ਵਿੱਚ ਗਾਇਬ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ਿਕਾਇਤਕਰਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਜਗਮੀਤ ਸਿੰਘ ਕੰਮ ਲਈ ਵਿਦੇਸ਼ ਜਾਣਾ ਚਾਹੁੰਦਾ ਸੀ। ਇਸ ਸਬੰਧੀ ਉਸ ਦੀ ਏਜੰਟ ਪਰਮਿੰਦਰ ਸਿੰਘ ਅਤੇ ਉਸ ਦੀ ਪਤਨੀ ਬਲਵਿੰਦਰ ਕੌਰ ਨਾਲ ਅਕਤੂਬਰ 2023 ਫੋਨ ’ਤੇ ਗੱਲਬਾਤ ਹੋਈ ਸੀ। ਉਨ੍ਹਾਂ ਭਰੋਸਾ ਦਿਵਾਇਆ ਸੀ ਕਿ ਉਹ ਜਗਮੀਤ ਨੂੰ ਸਿੱਧਾ ਅਮਰੀਕਾ ਭੇਜ ਦੇਣਗੇ ਤੇ 45.5 ਲੱਖ ਰੁਪਏ ਲੱਗਣਗੇ। ਉਨ੍ਹਾਂ ਦੀਆਂ ਗੱਲਾਂ ’ਚ ਆ ਕੇ ਜੋਗਿੰਦਰ ਸਿੰਘ ਨੇ ਉਨ੍ਹਾਂ ਨੂੰ 3 ਦਸੰਬਰ 2023 ਨੂੰ 15 ਲੱਖ ਰੁਪਏ, ਜ਼ਰੂਰੀ ਦਸਤਾਵੇਜ਼ ਅਤੇ ਪਾਸਪੋਰਟ ਦੇ ਦਿੱਤਾ। 14 ਦਸੰਬਰ ਨੂੰ ਜਗਮੀਤ ਨੇ ਫੋਨ ਕਰ ਕੇ ਦੱਸਿਆ ਕਿ ਏਜੰਟ ਨੇ ਉਸ ਨੂੰ ਕੋਲੰਬੀਆ ਤੋਂ ਪਨਾਮਾ ਰਾਹੀਂ ਅਮਰੀਕਾ ਭੇਜਣਾ ਹੈ। ਫਿਰ ਏਜੰਟ ਨੇ ਫੋਨ ’ਤੇ ਦੱਸਿਆ ਕਿ ਜਗਮੀਤ ਪਨਾਮਾ ਦੇ ਜੰਗਲਾਂ ’ਚ ਲਾਪਤਾ ਹੋ ਗਿਆ ਹੈ ਤੇ ਉਹ ਉਸ ਨੂੰ ਲੱਭ ਰਿਹਾ ਹੈ। ਫਿਰ ਉਸ ਨੂੰ ਪਤਾ ਲੱਗਾ ਕਿ ਉਕਤ ਜੋੜਾ ਉਨ੍ਹਾਂ ਨੂੰ ਧੋਖਾ ਦੇ ਕੇ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਹਨ। ਮਾਮਲੇ ਦੀ ਸ਼ਿਕਾਇਤ ’ਤੇ ਪੁਲਿਸ ਨੇ ਉਕਤ ਜੋੜੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।