ਸੁਖਪਾਲ ਸਿੰਘ ਖਹਿਰਾ ਨਾਲ ਨਾਭਾ ਜੇਲ੍ਹ ‘ਚ ਕਾਂਗਰਸੀ ਆਗੂਆਂ ਨੇ ਕੀਤੀ ਮੁਲਾਕਾਤ
DD Punjab news : ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂਆਂ ਨੇ ਸੁਖਪਾਲ ਸਿੰਘ ਖਹਿਰਾ ਨਾਲ ਕਰੀਬ ਸਾਢੇ ਤਿੰਨ ਘੰਟੇ ਮੁਲਾਕਾਤ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਨੇ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ। ਜੇਲ੍ਹ ਤੋਂ ਬਾਹਰ ਆ ਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦਵਿੰਦਰ ਯਾਦਵ ਨੇ ਕਿਹਾ ਕਿ ਜਿਸ ਦਿਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲੀ, ਉਸ ਦਿਨ ਉਨ੍ਹਾਂ ਖ਼ਿਲਾਫ਼ ਨਵੀਂ ਐਫਆਈਆਰ ਦਰਜ ਕਰਕੇ ਉਨ੍ਹਾਂ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ।
ਸੁਖਪਾਲ ਸਿੰਘ ਖਹਿਰਾ ਨਾਲ ਹੈ ਕਾਂਗਰਸ ਪਾਰਟੀ – ਯਾਦਵ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਸ ਤਰ੍ਹਾਂ ਦੀ ਗੱਲ ਸਾਡੇ ਲੋਕਤੰਤਰ ਲਈ ਮਾੜੀ ਹੈ। ਅਸੀਂ ਸੁਖਪਾਲ ਸਿੰਘ ਖਹਿਰਾ ਨੂੰ ਸੁਨੇਹਾ ਦਿੱਤਾ ਹੈ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਆਮ ਆਦਮੀ ਪਾਰਟੀ ਦੀ ਸਿਆਸੀ ਬਦਲਾਖੋਰੀ ਦਾ ਪਰਦਾਫਾਸ਼ ਹੋ ਗਿਆ ਹੈ। ਹਰ ਆਗੂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਅਸੀਂ ਇਸ ਦੀ ਨਿੰਦਾ ਕਰਦੇ ਹਾਂ।